ਚੰਡੀਗੜ੍ਹ ’ਚ ਈ.ਟੀ.ਟੀ. ਅਧਿਆਪਕਾਂ ਦਾ ਪ੍ਰਦਰਸ਼ਨ! ਆਗੂ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਨੇੜੇ ਲਾਇਆ ਧਰਨਾ
ਚੰਡੀਗੜ੍ਹ, 28 ਨਵੰਬਰ 2026
ਪੰਜਾਬ ਦੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈ.ਟੀ.ਟੀ.) ਅਧਿਆਪਕਾਂ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-39 ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੇ ਮੱਦੇਨਜ਼ਰ ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟਾਉਣਾ ਚਾਹੁੰਦੇ ਹਨ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ ਹੈ। ਅਧਿਆਪਕਾਂ ਨੇ ਆਪਣੀ ਮੰਗ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਈ ਹੋਰ ਮੰਗ ਨਹੀਂ ਹੈ, ਸਗੋਂ ਉਹ ਸਿਰਫ਼ ਉਸ ਕਲਰਕ ਵਿਰੁੱਧ ਕਾਰਵਾਈ ਚਾਹੁੰਦੇ ਹਨ, ਜਿਸ ’ਤੇ ਕਥਿਤ ਬੇਨਿਯਮੀਆਂ ਕਰਨ ਦੇ ਦੋਸ਼ ਹਨ।
ਉਨ੍ਹਾਂ ਮੰਗ ਕੀਤੀ ਕਿ ਸਬੰਧਤ ਕਲਰਕ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ, ਤਾਂ ਜੋ ਮਾਮਲੇ ਵਿੱਚ ਬਣਦੀ ਕਾਰਵਾਈ ਹੋ ਸਕੇ। ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ’ਤੇ ਗੌਰ ਨਹੀਂ ਕੀਤਾ ਜਾਂਦਾ, ਉਹ ਆਪਣਾ ਵਿਰੋਧ ਜਾਰੀ ਰੱਖਣਗੇ।





