ਰਾਹੁਲ ਗਾਂਧੀ ਦਾ ਭਾਜਪਾ ’ਤੇ ਹਮਲਾ, ਬੋਲੇ- ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਹੈ ਸਰਕਾਰ

Top Trending News ਰਾਸ਼ਟਰੀ

 

ਰਾਹੁਲ ਗਾਂਧੀ ਦਾ ਭਾਜਪਾ ’ਤੇ ਹਮਲਾ, ਬੋਲੇ- ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਹੈ ਸਰਕਾਰ

ਨਵੀਂ ਦਿੱਲੀ 29 ਨਵੰਬਰ 2026- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਭਾਜਪਾ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਹਲਕਿਆਂ ਦੀ ਹੱਦਬੰਦੀ ਨਾਲ ਸਬੰਧਤ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ ਲਿਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਸਰਕਾਰ ਦੀ ਅਜਿਹੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੀਆਂ।

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਦੇ ਪੁਰਾਣੇ ਤਰੀਕੇ ਬੰਦ ਹੋਣ ਤੋਂ ਬਾਅਦ ਭਾਜਪਾ ਨੇ ਨਵਾਂ ਰਾਹ ਲੱਭ ਲਿਆ ਹੈ। ਉਨ੍ਹਾਂ ਅਨੁਸਾਰ ਹਲਕਿਆਂ ਦੀ ਹੱਦਬੰਦੀ ਨਾਲ ਸਬੰਧਤ ਬਿੱਲ ਇਸੇ ਦਿਸ਼ਾ ਵਿੱਚ ਚੁੱਕਿਆ ਗਿਆ ਕਦਮ ਹਨ।

ਕਾਂਗਰਸ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਬਾਰੇ ਵੀ ਗੰਭੀਰ ਦੋਸ਼ ਲਾਏ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਬਹੁਤੇ ਲੋਕ ਮੰਨਦੇ ਹਨ ਕਿ ਚੋਣਾਂ ਵਿੱਚ ਬੇਨਿਯਮੀਆਂ ਹੋ ਰਹੀਆਂ ਹਨ।

ਉਨ੍ਹਾਂ ਚੋਣ ਕਮਿਸ਼ਨ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਸਾਲ 2024 ਵਿੱਚ 1.4 ਕਰੋੜ ਅਜਿਹੇ ਲੋਕਾਂ ਨੇ ਵੋਟਾਂ ਪਾਈਆਂ, ਜਿਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਸੀ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਇਹ ਅੰਕੜਾ ਸਹੀ ਹੈ ਤਾਂ ਕੀ ਪਿਛਲੀਆਂ ਲੋਕ ਸਭਾ ਚੋਣਾਂ ਦੀ ਜਾਇਜ਼ਤਾ ’ਤੇ ਸਵਾਲ ਨਹੀਂ ਉੱਠਦਾ?