Breaking: ਭਿਆਨਕ ਸੜਕ ਹਾਦਸੇ ’ਚ 7 ਲੋਕਾਂ ਦੀ ਮੌਤ, 5 ਜ਼ਖ਼ਮੀ
ਦੇਹਰਾਦੂਨ 29 ਨਵੰਬਰ 2026- ਉੱਤਰਾਖੰਡ ਦੇ ਪੌੜੀ-ਗੜ੍ਹਵਾਲ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕਲਵਾੜੀ ਪਿੰਡ ਨੇੜੇ ਸਵਾਰੀਆਂ ਨਾਲ ਭਰਿਆ ਇੱਕ ਵਾਹਨ ਅਚਾਨਕ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ। ਇਸ ਹਾਦਸੇ ਵਿੱਚ ਛੇ ਔਰਤਾਂ ਸਮੇਤ ਸੱਤ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ।
ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਵਾਹਨ ਵਿੱਚ ਕੁੱਲ 12 ਵਿਅਕਤੀ ਸਵਾਰ ਸਨ। ਵਾਹਨ ਦੇ ਖੱਡ ਵਿੱਚ ਡਿੱਗਣ ਕਾਰਨ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਅਤੇ ਬਚਾਅ ਦਲਾਂ ਵੱਲੋਂ ਰਾਹਤ ਕਾਰਜ ਸ਼ੁਰੂ ਕੀਤੇ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਇਸ ਦਰਦਨਾਕ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।





