‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਅੱਜ ਹੁਸ਼ਿਆਰਪੁਰ ਵਿੱਚ ਹੋਵੇਗਾ ਸਮਾਪਨ, ਮੁੱਖ ਮੰਤਰੀ ਮਾਨ ਕਰਨਗੇ ਸ਼ਿਰਕਤ
ਹੁਸ਼ਿਆਰਪੁਰ 29 ਨਵੰਬਰ 2026- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਅੱਜ ਹੁਸ਼ਿਆਰਪੁਰ ਵਿਖੇ ਸਮਾਪਨ ਹੋਵੇਗਾ। ਸਮਾਪਤੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ।
ਇਨ੍ਹਾਂ ਖੇਡਾਂ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਮੈਦਾਨ ਤੋਂ ਹੋਈ ਸੀ। ਇਸ ਸਾਲ 38 ਖੇਡਾਂ ਦੇ ਮੁਕਾਬਲਿਆਂ ਵਿੱਚ 7 ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।
ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਤੋਂ ਇਲਾਵਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚਾਰ ਸੀਜ਼ਨਾਂ ਦੌਰਾਨ ਕੁੱਲ 38.01 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਖਿਡਾਰੀਆਂ ਨੂੰ ਦਿੱਤੀ ਜਾ ਚੁੱਕੀ ਹੈ।
ਸਰਕਾਰ ਅਨੁਸਾਰ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਾਢੇ ਚਾਰ ਸਾਲਾਂ ਦੌਰਾਨ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ।





