ਪੰਜਾਬ ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਅਤੇ ਕਾਰਤੂਸ ਬਰਾਮਦ
ਅੰਮ੍ਰਿਤਸਰ 29 ਨਵੰਬਰ 2026: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਅੱਤਵਾਦੀ ਜਾਲ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਦੀ ਹਮਾਇਤ ਪ੍ਰਾਪਤ ਪ੍ਰੋ-ਖਾਲਿਸਤਾਨ ਕਮਾਂਡੋ ਫੋਰਸ (ਕੇਸੀਐੱਫ) ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਇਹ ਸਾਂਝੀ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਇੱਕ ਕੇਂਦਰੀ ਜਾਂਚ ਏਜੰਸੀ ਦੇ ਸਹਿਯੋਗ ਨਾਲ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ 86-ਪੀ ਹੈਂਡ ਗ੍ਰਨੇਡ, ਦੋ 9 ਐੱਮਐੱਮ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਇਸ ਕਾਰਵਾਈ ਨਾਲ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਸੰਚਾਲਕਾਂ ਦੇ ਨਿਰਦੇਸ਼ਾਂ ’ਤੇ ਬਹਿਰਾਮ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇੜਿਓਂ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਖੇਪ ਹਾਸਲ ਕੀਤੀ ਸੀ।
ਇਸ ਮਾਮਲੇ ਵਿੱਚ ਐੱਸਐੱਸਓਸੀ ਅੰਮ੍ਰਿਤਸਰ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ, ਅਸਲਾ ਕਾਨੂੰਨ ਅਤੇ ਵਿਸਫੋਟਕ ਪਦਾਰਥ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਜਾਲ ਨਾਲ ਜੁੜੇ ਹੋਰ ਵਿਅਕਤੀਆਂ, ਸਥਾਨਕ ਸਹਿਯੋਗੀਆਂ ਅਤੇ ਸਰਹੱਦ ਪਾਰਲੇ ਸੰਪਰਕਾਂ ਦੀ ਪਛਾਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।





