ਆਨੰਦਪੁਰ ਸਾਹਿਬ: 24 ਜਨਵਰੀ, ਚੋਵੇਸ਼ ਲਟਾਵਾ
ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ ਕੇਂਦਰ ਸਰਕਾਰ ਦਾ ਪੰਜਾਬ ਨਾਲ ਸ਼ਰੇਆਮ ਧੱਕਾ ਹੈ, ਕਿਉਂ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਸਿਆਸੀ ਹਮਲਾ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿਨ ਰਾਤ ਮਿਹਨਤ ਕਰ ਕੇ ਕਮਾਇਆ ਪੈਸਾ ਦੂਸਰੇ ਸੂਬਿਆਂ ਵਿਚ ਇਸ਼ਤਿਹਾਰਾਂ ਤੇ ਖਰਚ ਕਰਕੇ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਮੁਹੱਲਾ ਕਲੀਨਿਕਾਂ ਲਈ 10 ਕਰੋੜ ਰੁਪਏ ਰਕਮ ਖਰਚਣ ਦੇ ਦਾਅਵੇ ਕਰਨ ਵਾਲੀ ਮਾਨ ਸਰਕਾਰ ਉਸ ਦੇ ਪ੍ਰਚਾਰ ਤੇ 30 ਕਰੋੜ ਰੁਪਏ ਖਰਚ ਕਰ ਰਹੀ ਹੈ, ਜੋ ਕਿ ਇਸ ਸਰਕਾਰ ਦੀ ਨਲਾਇਕੀ ਦੀ ਜਿਉਂਦੀ ਜਾਗਦੀ ਮਿਸਾਲ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੰਬਈ ਦੇ ਸਰਮਾਏਦਾਰਾਂ ਨੂੰ ਪੰਜਾਬ ਅੰਦਰ ਆ ਕੇ ਪੈਸਾ ਲਗਾਉਣ ਦੀਆਂ ਕੀਤੀਆਂ ਜਾ ਰਹੀਆਂ ਅਪੀਲਾਂ ਸਬੰਧੀ ਬੋਲਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਪਹਿਲਾਂ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨਾ ਚਾਹੀਦਾ ਹੈ ਕਿਉਂਕਿ ਇੱਥੇ ਪਹਿਲਾਂ ਤੋਂ ਚੱਲ ਰਹੀਆਂ ਇੰਡਸਟਰੀਆ ਦੇ ਮਾਲਕਾਂ ਵੱਲੋਂ ਆਪਣੀ ਇੰਡਸਟਰੀ ਨੂੰ ਉੱਤਰ ਪ੍ਰਦੇਸ਼ ਵਿੱਚ ਸ਼ਿਫਟ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਲਈ ਉਨ੍ਹਾਂ ਵੱਲੋਂ ਯੂ ਪੀ ਦੇ ਮੁੱਖ ਮੰਤਰੀ ਆਦਿੱਤਿਆ ਨਾਥ ਯੋਗੀ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਭਾਵਨਾਵਾਂ ਤੋਂ ਜਾਣੂ ਵੀ ਕਰਵਾਇਆ ਗਿਆ ਹੈ।
ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦੇਸ਼ ਅੰਦਰ ਸ਼ੁਰੂ ਕੀਤੀ ਭਾਰਤ ਯਾਤਰਾ ਦੇ ਪੰਜਾਬ ਸੂਬੇ ਵਿਚੋਂ ਲੰਘਣ ਸਬੰਧੀ ਡਾਕਟਰ ਚੀਮਾ ਨੇ ਕਿਹਾ ਕਿ ਹਰੇਕ ਸਿਆਸੀ ਪਾਰਟੀ ਆਪਣੀ ਪਾਰਟੀ ਦੇ ਪ੍ਰਸਾਰ ਲਈ ਯਤਨ ਕਰਦੀ ਹੈ ਪ੍ਰੰਤੂ 1984 ਦਿੱਲੀ ਕਤਲੇਆਮ ਅਤੇ ਸ੍ਰੀ ਦਰਬਾਰ ਸਾਹਿਬ ਉਤੇ ਟੈਂਕਾਂ ਨਾਲ ਕੀਤੇ ਹਮਲੇ ਦੇ ਸਵਾਲ ਰਾਹੁਲ ਗਾਂਧੀ ਵੱਲੋਂ ਟਾਲਨੇ ਕਾਂਗਰਸ ਪਾਰਟੀ ਦੀ ਪੰਜਾਬ ਅਤੇ ਇੱਥੋਂ ਦੇ ਲੋਕਾਂ ਪ੍ਰਤੀ ਮਨਸ਼ਾ ਨੂੰ ਸ਼ਰੇਆਮ ਦਰਸਾਉਂਦੀ ਹੈ।
ਪੰਜਾਬ ਅੰਦਰ ਅੱਗੋਂ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਗੱਲ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਚੋਣਾਂ ਆਪਣੀ ਭਾਈਵਾਲ ਪਾਰਟੀ ਬਸਪਾ ਨਾਲ ਰੱਲ ਕੇ ਲੜੇਗਾ।