26 ਜਨਵਰੀ ਨੂੰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਲਹਿਰਾਉਣਗੇ ਕੌਮੀ ਤਿਰੰਗਾ
ਗਣਤੰਤਰ ਦਿਵਸ ਸਮਾਰੋਹ ਵਿੱਚ ਜ਼ਿਲ੍ਹਾ ਵਾਸੀ ਵਧ ਚੜ੍ਹ ਕੇ ਹਿੱਸਾ ਲੈਣ: ਡਿਪਟੀ ਕਮਿਸ਼ਨਰ
ਦਲਜੀਤ ਕੌਰ
ਸੰਗਰੂਰ, 24 ਜਨਵਰੀ, 2023: ਦੇਸ਼ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਪੁਲਿਸ ਲਾਈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦੇ ਜਾਇਜ਼ੇ ਵਜੋਂ ਅੱਜ ਅੰਤਿਮ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ-ਵੱਖ ਟੁਕੜੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਜੋਰਵਾਲ ਨੇ ਦੱਸਿਆ ਕਿ 26 ਜਨਵਰੀ ਨੂੰ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਸ਼ਰਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸਲਾਮੀ ਲੈਣਗੇ। ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਦੇ ਫਲੈਗਸ਼ਿਪ ਪ੍ਰੋਗਰਾਮਾਂ ’ਤੇ ਆਧਾਰਿਤ ਝਾਕੀਆਂ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਬਣਨਗੀਆਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ ਤੇ ਹੋਰ ਦੇਸ਼ਭਗਤੀ ਅਧਾਰਿਤ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਮਾਗਮ ਵਿੱਚ ਖਾਸ ਤੌਰ ’ਤੇ ਸ਼ਾਮਲ ਹੋਣਗੇ। ਅੱਜ ਫਾਈਨਲ ਰਿਹਰਸਲ ਮੌਕੇ ਵੀ ਇਨ੍ਹਾਂ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ ਜਿਸ ਨੂੰ ਸਭ ਨੇ ਪਸੰਦ ਕੀਤਾ।
ਅੰਤਿਮ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਸ੍ਰੀ ਜੋਰਵਾਲ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਮਾਗਮ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਤਾਂ ਜੋ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਜਦਾ ਕੀਤਾ ਜਾ ਸਕੇ।
ਇਸ ਮੌਕੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਨਿਤੇਸ਼ ਜੈਨ, ਐੱਸ.ਡੀ.ਐੱਮ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।