ਮੋਰਿੰਡਾ, 22 ਜੂਨ ( ਭਟੋਆ )
ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਵਲੋਂ ਕਨਵੀਨਰ ਜਗਦੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ। ਇਕੱਤਰਤਾ ਦੌਰਾਨ ਅਗਨੀਪਥ ਯੋਜਨਾ, ਪਾਣੀ ਦੇ ਵਪਾਰੀਕਰਨ ਅਤੇ ਲੋਕ ਸੇਵਾ ਦੇ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਦੀ ਨਿਖੇਧੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਾਲਮੇਲ ਕੇਂਦਰ ਦੇ ਕਨਵੀਨਰ ਭਾਗ ਸਿੰਘ, ਜਤਿੰਦਰ ਸਿੰਘ, ਬਲਿਹਾਰ ਸਿੰਘ, ਨਰਿੰਦਰ ਸ਼ਰਮਾ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਵਿਰੋਧ ਕਰਨ ਲਈ ਐਕਸ਼ਨ ਪ੍ਰੋਗਰਾਮਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਨੌਜਵਾਨਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਯੋਜਨਾ ਨਾਲ ਨੌਜਵਾਨਾਂ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ।
ਜਥੇਬੰਦੀ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਯੋਜਨਾ ਨੂੰ ਵਾਪਸ ਲਿਆ ਜਾਵੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਿਹਤ, ਸਿੱਖਿਆ, ਰੇਲਵੇ, ਬਿਜਲੀ, ਹਵਾਈ ਅੱਡੇ, ਬੰਦਰਗਾਹਾਂ ਅਤੇ ਕੋਲੇ ਦੀਆਂ ਖਾਨਾਂ ਕਾਰੋਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰੀ ਥਰਮਲਾਂ ਨੂੰ ਬੰਦ ਕਰਨ ਦਾ ਫੈਸਲਾ ਵਾਪਿਸ ਲੈਣਾ ਚਾਹੀਦਾ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਸਖਤ ਵਿਰੋਧ ਕੀਤਾ ਜਾਵੇਗਾ।