ਅੰਮ੍ਰਿਤਸਰ, 30 ਨਵੰਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅੱਜ ਵੀਰਵਾਰ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਪੱਤਰ ਤੋਂ ਇੱਕ ਦਿਨ ਬਾਅਦ ਸੱਦੀ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।ਦਰਅਸਲ, ਗਿਆਨੀ ਰਘਬੀਰ ਸਿੰਘ ਨੇ ਮੰਗਲਵਾਰ ਨੂੰ ਐਸਜੀਪੀਸੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਪੀਸੀ) ਨੂੰ ਪੱਤਰ ਲਿਖ ਕੇ ਬੰਦੀ ਸਿੱਖਾਂ ਦੀ ਰਿਹਾਈ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਦੋਵਾਂ ਕਮੇਟੀਆਂ ਨੂੰ ਆਪਣੇ ਵੱਲੋਂ ਕੀਤੇ ਗਏ ਯਤਨਾਂ ਦੀ ਰਿਪੋਰਟ ਦੋ ਦਿਨਾਂ ਅੰਦਰ ਦਾਖ਼ਲ ਕਰਨ ਲਈ ਵੀ ਕਿਹਾ ਗਿਆ ਹੈ, ਜਿਸ ਦਾ ਸਮਾਂ ਭਲਕੇ ਸ਼ੁੱਕਰਵਾਰ ਨੂੰ ਖ਼ਤਮ ਹੋ ਰਿਹਾ ਹੈ।